ਫਿਰੋਜ਼ਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੜਕੀ ਬੁਨਿਆਦੀ ਢਾਂਚੇ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੱਡਾ ਕਦਮ ਚੁੱਕਿਆ ਹੈ। ਸੂਬੇ ਭਰ ਵਿੱਚ ਨਿਰਮਾਣ ਅਧੀਨ ਅਤੇ ਹਾਲ ਹੀ ਵਿੱਚ ਬਣੀਆਂ ਸੜਕਾਂ ਦੀ ਗੁਣਵੱਤਾ ਦੀ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਅਤੇ ਲੋਕਾਂ ਨੂੰ ਮਿਆਰੀ ਸੜਕਾਂ ਮੁਹੱਈਆ ਕਰਵਾਉਣਾ ਹੈ।
ਇਸੇ ਲੜੀ ਤਹਿਤ, ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੀ ਇੱਕ ਟੀਮ ਨੇ ਸੜਕ ਨਿਰਮਾਣ ਕਾਰਜਾਂ ਦੀ ਬਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ, ਵਰਤੀ ਗਈ ਸਮੱਗਰੀ ਦੀ ਗੁਣਵੱਤਾ ਪਰਖਣ ਲਈ ਮੌਕੇ ਤੋਂ ਨਮੂਨੇ (Samples) ਲਏ ਗਏ ਹਨ। ਇਨ੍ਹਾਂ ਨਮੂਨਿਆਂ ਨੂੰ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਨਿਰਮਾਣ ਕਾਰਜ ਸਰਕਾਰੀ ਮਾਪਦੰਡਾਂ ਅਨੁਸਾਰ ਹੋਇਆ ਹੈ ਜਾਂ ਨਹੀਂ।
ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਦੇ ਸੰਕੇਤ ਦਿੰਦਿਆਂ, ਅਧਿਕਾਰੀਆਂ ਨੇ ਠੇਕੇਦਾਰਾਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਕਾਰਵਾਈ ਨੂੰ ਮੁੱਖ ਮੰਤਰੀ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਵਜੋਂ ਦੇਖਿਆ ਜਾ ਰਿਹਾ ਹੈ, ਜਿੱਥੇ ਜਨਤਕ ਕਾਰਜਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸੜਕਾਂ ਦੀ ਗੁਣਵੱਤਾ ਦੀ ਇਹ ਸਖ਼ਤ ਨਿਗਰਾਨੀ ਸੂਬੇ ਦੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਟਿਕਾਊ ਸੜਕੀ ਨੈੱਟਵਰਕ ਦੀ ਉਮੀਦ ਵਧਾਉਂਦੀ ਹੈ।
