ਲੁਧਿਆਣਾ: ਡੇਂਗੂ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ, ਲੁਧਿਆਣਾ ਜ਼ਿਲ੍ਹੇ ਦਾ ਸਿਹਤ ਵਿਭਾਗ ਲਗਾਤਾਰ ਇੱਕ ਵਿਆਪਕ ਜਾਗਰੂਕਤਾ ਅਤੇ ਜਾਂਚ ਮੁਹਿੰਮ ਚਲਾ ਰਿਹਾ ਹੈ। ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ, ਸਕੂਲਾਂ ਅਤੇ ਦਫ਼ਤਰਾਂ ਸਮੇਤ ਵੱਖ-ਵੱਖ ਥਾਵਾਂ ‘ਤੇ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਿਹਤ ਮਾਹਿਰਾਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਿਰਫ਼ ਸਾਫ਼ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਇਸ ਲਈ ਜਿੱਥੇ ਵੀ ਪਾਣੀ ਸੱਤ ਦਿਨਾਂ ਤੋਂ ਵੱਧ ਸਮੇਂ ਤੱਕ ਖੜ੍ਹਾ ਰਹਿੰਦਾ ਹੈ, ਉੱਥੇ ਇਸ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਛੱਤਾਂ, ਕੂਲਰਾਂ, ਗਮਲਿਆਂ ਅਤੇ ਟਾਇਰਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ।
ਸਕੂਲਾਂ ਵਿੱਚ ਵਿਸ਼ੇਸ਼ ਫੋਕਸ ਕਿਉਂਕਿ ਡੇਂਗੂ ਦਾ ਮੱਛਰ ਦਿਨ ਦੇ ਸਮੇਂ ਕੱਟਦਾ ਹੈ, ਇਸ ਲਈ ਵਿਭਾਗ ਨੇ ਮਾਪਿਆਂ ਨੂੰ ਖਾਸ ਤੌਰ ‘ਤੇ ਅਪੀਲ ਕੀਤੀ ਹੈ ਕਿ ਉਹ ਸਕੂਲ ਜਾਣ ਵਾਲੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਕੱਪੜੇ ਪਾ ਕੇ ਭੇਜਣ।
ਇਸ ਮੁਹਿੰਮ ਤਹਿਤ, ਸਿਹਤ ਵਿਭਾਗ ਦੀ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਬੀ.ਸੀ.ਸੀ. ਕੋ-ਆਰਡੀਨੇਟਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿਖੇ ਲਗਭਗ 1000 ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਸਕੂਲਾਂ ਵਿੱਚ ਬੱਚਿਆਂ ਲਈ ਜਾਗਰੂਕਤਾ ਲੈਕਚਰ, ਰੈਲੀਆਂ ਅਤੇ ਪੋਸਟਰ ਪ੍ਰਦਰਸ਼ਨ ਵੀ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ, ਆਂਗਨਵਾੜੀ ਕੇਂਦਰਾਂ ਅਤੇ ਪਿੰਡਾਂ ਵਿੱਚ ਸਿਹਤ ਕਾਮਿਆਂ ਅਤੇ ਆਸ਼ਾ ਵਰਕਰਾਂ ਦੁਆਰਾ ਘਰ-ਘਰ ਜਾ ਕੇ ਲੋਕਾਂ ਨੂੰ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਲੱਛਣ ਅਤੇ ਮੁਫ਼ਤ ਇਲਾਜ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ ਬੁਖਾਰ, ਸਰੀਰ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਚਮੜੀ ‘ਤੇ ਦਾਗ਼ ਆਉਣ ਵਰਗੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਆਮ ਜਨਤਾ ਨੂੰ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਅਤੇ ਆਲੇ-ਦੁਆਲੇ ਦੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
