ਜਲੰਧਰ: ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ‘ਹਿੰਦ ਦੀ ਚਾਦਰ’ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ (ਸ਼ਤਾਬਦੀ) ਨੂੰ ਸਮਰਪਿਤ ਹੁੰਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਰਾਤ ਰਹਿਣ ਦੀ ਮਨਜ਼ੂਰੀ ਦੇਣ ਦੀ ਅਪੀਲ ਵੀ ਕੀਤੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਜਥੇਦਾਰ ਵਡਾਲਾ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਸਿੱਖ ਪੰਥ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਗੁਰੂ ਸਾਹਿਬ ਦੀ ਧਰਮ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਅਤੇ ਉਨ੍ਹਾਂ ਦੇ ਜੀਵਨ ਫਲਸਫੇ ਨੂੰ ਉਜਾਗਰ ਕਰਨ ਲਈ ਸਰਕਾਰਾਂ ਅਤੇ ਸਿੱਖ ਸੰਸਥਾਵਾਂ ਵੱਲੋਂ ਵੱਡੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸਮੇਂ ਨੂੰ ਮੁੱਖ ਰੱਖਦਿਆਂ ਅਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਨੂੰ ਕਾਫੀ ਸਮੇਂ ਤੋਂ ਬੰਦ ਪਏ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਵੱਡਾ ਫੈਸਲਾ ਲੈਣਾ ਚਾਹੀਦਾ ਹੈ।
ਜਥੇਦਾਰ ਵਡਾਲਾ ਨੇ ਯਾਦ ਦਿਵਾਇਆ ਕਿ ਇਹ ਲਾਂਘਾ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇ ਸਹਿਯੋਗ ਨਾਲ ਖੋਲ੍ਹਿਆ ਗਿਆ ਸੀ ਤਾਂ ਜੋ ਸੰਗਤਾਂ ਬਿਨਾਂ ਵੀਜ਼ੇ ਤੋਂ ਆਸਾਨੀ ਨਾਲ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਭਾਵੇਂ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਤਣਾਅ ਰਿਹਾ ਹੋਵੇ, ਪਰ ਇਸ ਲਾਂਘੇ ਰਾਹੀਂ ਹਜ਼ਾਰਾਂ ਸੰਗਤਾਂ ਨੇ ਬਿਨਾਂ ਕਿਸੇ ਰੁਕਾਵਟ ਦਰਸ਼ਨ ਕੀਤੇ ਹਨ। ਹੁਣ ਵੀ ਦੁਨੀਆ ਭਰ ਤੋਂ ਸੰਗਤਾਂ ਉੱਥੇ ਨਤਮਸਤਕ ਹੋ ਰਹੀਆਂ ਹਨ ਅਤੇ ਹਾਲ ਹੀ ਵਿੱਚ ਪੰਜਾਬ ਤੋਂ ਵੀ ਇੱਕ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗਿਆ ਸੀ।
ਆਪਣੀ ਦੂਜੀ ਅਹਿਮ ਮੰਗ ਰੱਖਦਿਆਂ ਜਥੇਦਾਰ ਵਡਾਲਾ ਨੇ ਕਿਹਾ ਕਿ ਇਸ ਇਤਿਹਾਸਕ ਸ਼ਤਾਬਦੀ ਮੌਕੇ ਕੇਂਦਰ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜੋ ਜਥੇ ਲਾਂਘੇ ਰਾਹੀਂ ਰੋਜ਼ਾਨਾ ਦਰਸ਼ਨਾਂ ਲਈ ਜਾਂਦੇ ਹਨ ਅਤੇ ਸ਼ਾਮ ਨੂੰ ਵਾਪਸ ਆਉਂਦੇ ਹਨ, ਉਨ੍ਹਾਂ ਨੂੰ ਉੱਥੇ ਰਾਤ ਠਹਿਰਨ ਦੀ ਮਨਜ਼ੂਰੀ ਮਿਲੇ। ਉਨ੍ਹਾਂ ਕਿਹਾ ਕਿ ਰਾਤ ਰਹਿਣ ਨਾਲ ਸੰਗਤਾਂ ਸ਼ਾਮ ਦੇ ਦੀਵਾਨਾਂ ਵਿੱਚ ਖੁੱਲ੍ਹੇ ਸਮੇਂ ਤੱਕ ਹਾਜ਼ਰੀ ਭਰ ਸਕਣਗੀਆਂ, ਜਿਸ ਨਾਲ ਉਨ੍ਹਾਂ ਦੀ ਸ਼ਰਧਾ ਅਤੇ ਭਾਵਨਾ ਪੂਰੀ ਹੋਵੇਗੀ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਨਾਲ ਸੰਗਤਾਂ ਵਿੱਚ ਬਹੁਤ ਚੰਗਾ ਸੁਨੇਹਾ ਜਾਵੇਗਾ ਅਤੇ ਇਸ ਫੈਸਲੇ ਦੀ ਸੰਗਤ ਬੜੀ ਉਤਸੁਕਤਾ ਨਾਲ ਉਡੀਕ ਕਰ ਰਹੀ ਹੈ। ਇਸ ਨਾਲ ਜਿੱਥੇ ਸੰਗਤਾਂ ਦੀ ਚਾਹਨਾ ਪੂਰੀ ਹੋਵੇਗੀ, ਉੱਥੇ ਹੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦਾ ਆਪਸੀ ਮੇਲ-ਮਿਲਾਪ ਵੀ ਵਧੇਗਾ।
