ਸ਼ਾਹਕੋਟ: ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਸ਼ਾਹਕੋਟ ਦੇ ਨਵੇਂ ਡੀ.ਐੱਸ.ਪੀ. (DSP) ਸੁਖਪਾਲ ਸਿੰਘ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਦਿਆਂ ਹੀ ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਨੂੰ ਪੂਰੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ।
ਸਰਕਾਰੀ ਹਸਪਤਾਲ ਦੀ ਸੁਰੱਖਿਆ ਹੋਵੇਗੀ ਸਖ਼ਤ:
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਸੁਖਪਾਲ ਸਿੰਘ ਨੇ ‘ਪੰਜਾਬੀ ਜਾਗਰਣ’ ਵੱਲੋਂ ਪ੍ਰਕਾਸ਼ਿਤ ਖ਼ਬਰ ਦਾ ਹਵਾਲਾ ਦਿੱਤਾ, ਜਿਸ ਵਿੱਚ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਵਿੱਚ ਨਸ਼ੇੜੀਆਂ ਵੱਲੋਂ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਨਸ਼ੇ ਦੇ ਚੱਲ ਰਹੇ ਕਥਿਤ ਧੰਦੇ ਬਾਰੇ ਖੁਲਾਸਾ ਕੀਤਾ ਗਿਆ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਸਲੇ ਦਾ ਜਲਦੀ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ, “ਮੈਂ ਨਿੱਜੀ ਤੌਰ ‘ਤੇ ਹਸਪਤਾਲ ਦਾ ਦੌਰਾ ਕਰਾਂਗਾ ਅਤੇ ਸੀਨੀਅਰ ਮੈਡੀਕਲ ਅਫ਼ਸਰ (SMO) ਨਾਲ ਮਿਲ ਕੇ ਸਥਿਤੀ ਦਾ ਜਾਇਜ਼ਾ ਲਵਾਂਗਾ। ਹਸਪਤਾਲ ਵਿੱਚ ਪੁਲਿਸ ਟੀਮਾਂ ਦੀ ਪੱਕੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।” ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ, ਪਰ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਟ੍ਰੈਫਿਕ ਸਮੱਸਿਆ ਅਤੇ ਪਬਲਿਕ ਡੀਲਿੰਗ:
ਇਲਾਕੇ ਵਿੱਚ ਗੰਭੀਰ ਰੂਪ ਧਾਰਨ ਕਰ ਚੁੱਕੀ ਟ੍ਰੈਫਿਕ ਸਮੱਸਿਆ ਬਾਰੇ ਬੋਲਦਿਆਂ ਡੀ.ਐੱਸ.ਪੀ. ਨੇ ਕਿਹਾ ਕਿ ਇਸ ਨੂੰ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਾਹਕੋਟ, ਲੋਹੀਆਂ ਅਤੇ ਮਹਿਤਪੁਰ ਥਾਣਿਆਂ ਵਿੱਚ ਹਰ ਸਹੀ ਵਿਅਕਤੀ ਦੀ ਸੁਣਵਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੱਸਿਆ ਲਈ ਲੋਕ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਅੰਤ ਵਿੱਚ, ਉਨ੍ਹਾਂ ਨੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਮ ਜਨਤਾ ਤੋਂ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
