ਲੁਧਿਆਣਾ: ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਸਰਪੰਚਾਂ ਅਤੇ ਪੰਚਾਂ ਲਈ ਇੱਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਪੰਚਾਇਤੀ ਨੁਮਾਇੰਦਿਆਂ ਨੂੰ ਵੱਖ-ਵੱਖ ਸਿਹਤ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਇਹਨਾਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਸਕੇ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਵਿਕਾਸ ਭਵਨ (ਮੋਹਾਲੀ) ਦੇ ਨਿਰਦੇਸ਼ਾਂ ਅਨੁਸਾਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ 2 ਰਾਹੀਂ, ਉਹਨਾਂ ਪੰਚਾਇਤਾਂ ਨੂੰ ਇਹ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜੋ ਸਾਲ 2024-2025 ਦੌਰਾਨ ਇਸ ਤੋਂ ਵਾਂਝੀਆਂ ਰਹਿ ਗਈਆਂ ਸਨ।
ਜ਼ਿਲ੍ਹਾ ਪ੍ਰੀਸ਼ਦ ਵਿਖੇ ਆਯੋਜਿਤ ਇਸ ਟ੍ਰੇਨਿੰਗ ਸੈਸ਼ਨ ਦੌਰਾਨ, ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ ਅਤੇ ਪੰਚਾਂ ਨੂੰ ਕਈ ਮਹੱਤਵਪੂਰਨ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਨਨੀ ਸੁਰੱਖਿਆ ਯੋਜਨਾ ਤਹਿਤ ਗਰਭਵਤੀ ਮਹਿਲਾਵਾਂ ਨੂੰ ਜਣੇਪੇ ਸਮੇਂ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਗਰਭਵਤੀ ਮਹਿਲਾਵਾਂ ਦੀ ਜਾਂਚ ਅਤੇ ਜਣੇਪਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਰਾਸ਼ਟਰੀ ਬਾਲ ਸੁਰੱਖਿਆ ਕਾਰਜਕਰਮ ਅਧੀਨ, ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ 30 ਤੋਂ ਵੱਧ ਕਿਸਮ ਦੀਆਂ ਬਿਮਾਰੀਆਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ। ਖਾਸ ਤੌਰ ‘ਤੇ, ਇੱਕ ਸਾਲ ਤੱਕ ਦੇ ਲੜਕੇ ਅਤੇ ਪੰਜ ਸਾਲ ਦੀ ਉਮਰ ਤੱਕ ਦੀਆਂ ਲੜਕੀਆਂ ਦਾ ਇਲਾਜ ਵੀ ਬਿਨਾਂ ਕਿਸੇ ਖਰਚੇ ਦੇ ਕੀਤਾ ਜਾਂਦਾ ਹੈ। ਇਸ ਮੌਕੇ ‘ਤੇ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਪੰਚਾਇਤਾਂ ਨੂੰ ਡੇਂਗੂ ਅਤੇ ਟੀ.ਬੀ. ਵਰਗੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜ਼ਰੂਰੀ ਜਾਗਰੂਕਤਾ ਸੁਨੇਹੇ ਦਿੱਤੇ ਅਤੇ ਇਹਨਾਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਟ੍ਰੇਨਿੰਗ ਨਾਲ ਪੰਚਾਇਤ ਨੁਮਾਇੰਦਿਆਂ ਨੂੰ ਸਿਹਤ ਸੇਵਾਵਾਂ ਬਾਰੇ ਬਿਹਤਰ ਸਮਝ ਮਿਲੇਗੀ, ਜਿਸ ਨਾਲ ਉਹ ਆਪਣੇ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਿੱਚ ਮਦਦ ਕਰ ਸਕਣਗੇ।