ਗੁਰਦਾਸਪੁਰ: ਪੰਜਾਬ ਸਰਕਾਰ ਦੀ ‘ਨਸ਼ਾ ਮੁਕਤੀ ਯਾਤਰਾ’ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਇੱਕ ਵੱਡੀ ਪਹਿਲ ਕਦਮੀ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨਵਾਂ ਪਿੰਡ ਝਾਵਰ, ਬਾਹੀਆਂ, ਅਲਾਵਲਪੁਰ ਅਤੇ ਰੋੜਾਂਵਾਲੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਅਧੀਨ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।
ਵਿਲੇਜ ਡਿਫੈਂਸ ਕਮੇਟੀਆਂ ਨੂੰ ਸਹਿਯੋਗ ਦੀ ਅਪੀਲ
ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਬਹਿਲ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ।
ਨਸ਼ਾ ਤਸਕਰਾਂ ‘ਤੇ ਮਿਸਾਲੀ ਕਾਰਵਾਈ
ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਸੂਬੇ ਨੂੰ ਮੁੜ ‘ਹੱਸਦਾ-ਵੱਸਦਾ ਤੇ ਰੰਗਲਾ ਪੰਜਾਬ’ ਬਣਾਉਣ ਦੇ ਰਾਹ ਪਾ ਰਹੀ ਹੈ। ਉਨ੍ਹਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਪ੍ਰਣ ਵੀ ਦਿਵਾਇਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
ਇਸ ਮੌਕੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰ ਪਵਨ ਕੁਮਾਰ, ਸੁੱਚਾ ਸਿੰਘ ਮੁਲਤਾਨੀ, ਰਾਕੇਸ਼ ਸ਼ਰਮਾ, ਦਵਿੰਦਰ ਸਿੰਘ ਹੈਪੀ, ਸਰਪੰਚ ਰਣਜੀਤ ਸਿੰਘ ਬਾਜੇਚੱਕ, ਸਨੀ ਬਾਹੀਆ, ਨਵਾਂ ਪਿੰਡ ਝਾਵਰ ਦੇ ਸਰਪੰਚ ਹਰਦੀਪ ਸਿੰਘ, ਬਾਹੀਆ ਦੇ ਸਰਪੰਚ ਜਗਜੀਤ ਸਿੰਘ, ਅਲਾਵਲਪੁਰ ਦੇ ਸਰਪੰਚ ਨਿਰਮਲ ਸਿੰਘ ਅਤੇ ਰੋੜਾਂਵਾਲੀ ਦੇ ਸਰਪੰਚ ਮਨਪ੍ਰੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ। ਇਹ ਮੁਹਿੰਮ ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਇੱਕ ਜਨ-ਅੰਦੋਲਨ ਦਾ ਰੂਪ ਲੈ ਰਹੀ ਹੈ।
