ਲੁਧਿਆਣਾ: ਬਰਸਾਤੀ ਮੌਸਮ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਡੇਂਗੂ, ਮਲੇਰੀਆ, ਚਿਕਨਗੁਨੀਆ, ਟਾਈਫਾਈਡ, ਹੈਜ਼ਾ ਅਤੇ ਹੈਪੇਟਾਈਟਿਸ ਵਰਗੀਆਂ ਬਿਮਾਰੀਆਂ ਦੇ ਵਧਣ ਦੀ ਸੰਭਾਵਨਾ ਨੂੰ ਦੇਖਦਿਆਂ, ਸਿਹਤ ਵਿਭਾਗ ਨੇ ਆਪਣੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਆਮ ਲੋਕਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ।
ਬਿਮਾਰੀਆਂ ਦੇ ਕਾਰਨ ਅਤੇ ਬਚਾਅ ਦੇ ਤਰੀਕੇ
ਡਾ. ਕੌਰ ਨੇ ਦੱਸਿਆ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਮੱਛਰਾਂ ਦੇ ਪੈਦਾ ਹੋਣ ਨਾਲ ਫੈਲਦੇ ਹਨ, ਜਦੋਂ ਕਿ ਹੈਪੇਟਾਈਟਿਸ ਏ ਅਤੇ ਈ, ਹੈਜ਼ਾ ਅਤੇ ਟਾਈਫਾਈਡ ਵਰਗੀਆਂ ਬਿਮਾਰੀਆਂ ਦੂਸ਼ਿਤ ਪਾਣੀ ਅਤੇ ਖਾਣੇ ਕਾਰਨ ਹੁੰਦੀਆਂ ਹਨ। ਉਨ੍ਹਾਂ ਨੇ ਇਸ ਮੌਸਮ ਵਿੱਚ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣ, ਬਰਸਾਤੀ ਮੌਸਮ ਵਿੱਚ ਫਿਲਟਰ ਕੀਤਾ ਜਾਂ ਉਬਲਿਆ ਹੋਇਆ ਪਾਣੀ ਪੀਣ, ਅਤੇ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਸੜਕਾਂ ‘ਤੇ ਮਿਲਣ ਵਾਲੇ ਖਾਣੇ ਅਤੇ ਬਾਸੀ ਭੋਜਨ ਤੋਂ ਪਰਹੇਜ਼ ਕਰਨਾ ਜ਼ਰੂਰੀ ਹੈ।
ਸਰਕਾਰੀ ਸਕੂਲ ਸੁਨੇਤ ਵਿੱਚ ਵਿਸ਼ੇਸ਼ ਜਾਗਰੂਕਤਾ ਸੈਸ਼ਨ
ਇਸੇ ਮੁਹਿੰਮ ਦੇ ਹਿੱਸੇ ਵਜੋਂ, ਅੱਜ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁਨੇਤ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ। ਇਸ ਸੈਸ਼ਨ ਵਿੱਚ ਲਗਭਗ 1200 ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ, ਹੈਜ਼ਾ, ਹੈਪੇਟਾਈਟਿਸ, ਟਾਈਫਾਈਡ ਅਤੇ ਅੰਤੜੀਆਂ ਦੇ ਰੋਗਾਂ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਡਾ. ਕੌਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਉਲਟੀ, ਦਸਤ, ਹੱਡੀਆਂ ਵਿੱਚ ਦਰਦ ਜਾਂ ਕੋਈ ਹੋਰ ਲੱਛਣ ਮਹਿਸੂਸ ਹੋਵੇ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਵਿੱਚ ਸੰਪਰਕ ਕਰਕੇ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੀਮਾ ਅਗਰਵਾਲ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।