ਸ਼ਾਹਕੋਟ: ਸ਼ਾਹਕੋਟ ਵਿੱਚ ਇੱਕ ਦੁਖਦਾਈ ਘਟਨਾ ਵਿੱਚ, ਇੱਕ ਔਰਤ ਨੇ ਕਥਿਤ ਤੌਰ ‘ਤੇ ਪਰਿਵਾਰਕ ਝਗੜਿਆਂ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਦਲਵੀਰ ਕੌਰ (54) ਵਾਸੀ ਸਲੈਚਾ ਰੋਡ ਵਜੋਂ ਹੋਈ ਹੈ।
ਪੁੱਤਰ ਨੇ ਦੱਸਿਆ ਪਰੇਸ਼ਾਨੀ ਦਾ ਕਾਰਨ
ਮ੍ਰਿਤਕ ਔਰਤ ਦੇ ਪੁੱਤਰ ਸੁਖਰਾਜ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਉਨ੍ਹਾਂ ਦੇ ਘਰ ਅਤੇ ਦੁਕਾਨ ਵਿੱਚ ਹਿੱਸਾ ਮੰਗਦੇ ਸਨ ਅਤੇ ਇਸ ਗੱਲ ਨੂੰ ਲੈ ਕੇ ਅਕਸਰ ਝਗੜਾ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸੇ ਕਾਰਨ ਉਨ੍ਹਾਂ ਦੀ ਮਾਤਾ ਦਲਵੀਰ ਕੌਰ ਲੰਬੇ ਸਮੇਂ ਤੋਂ ਪ੍ਰੇਸ਼ਾਨ ਰਹਿੰਦੀ ਸੀ। ਸੁਖਰਾਜ ਸਿੰਘ ਅਨੁਸਾਰ, ਅੱਜ ਸਵੇਰੇ ਕਰੀਬ 6 ਵਜੇ ਜਦੋਂ ਉਹ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਆਪਣੀ ਮਾਤਾ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ। ਤੁਰੰਤ ਉਨ੍ਹਾਂ ਨੂੰ ਸ਼ਾਹਕੋਟ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਨਕੋਦਰ ਰੈਫਰ ਕਰ ਦਿੱਤਾ, ਪਰ ਉੱਥੇ ਪਹੁੰਚਦਿਆਂ ਹੀ ਉਨ੍ਹਾਂ ਦੀ ਮੌਤ ਹੋ ਗਈ। ਸੁਖਰਾਜ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਮਾਤਾ ਨੇ ਪਰਿਵਾਰਕ ਝਗੜੇ ਤੋਂ ਤੰਗ ਆ ਕੇ ਹੀ ਇਹ ਖੌਫਨਾਕ ਕਦਮ ਚੁੱਕਿਆ।
ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲਈ
ਘਟਨਾ ਦੀ ਸੂਚਨਾ ਮਿਲਣ ‘ਤੇ ਮਾਡਲ ਥਾਣਾ ਸ਼ਾਹਕੋਟ ਦੇ ਏ.ਐਸ.ਆਈ. ਅੰਗਰੇਜ਼ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਦੇ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ। ਏ.ਐਸ.ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
