ਤਰਨਤਾਰਨ: ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇੱਕ ਵੀਡੀਓ ਦੇ ਵਾਇਰਲ ਹੋਣ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਜ਼ੋਰਦਾਰ ਤੂਫ਼ਾਨ ਖੜ੍ਹਾ ਹੋ ਗਿਆ ਹੈ। ਇਸ ਵੀਡੀਓ ਵਿੱਚ, ਰਾਜਾ ਵੜਿੰਗ ਮਰਹੂਮ ਕੇਂਦਰੀ ਗ੍ਰਹਿ ਮੰਤਰੀ ਸ. ਬੂਟਾ ਸਿੰਘ ਬਾਰੇ ਜਾਤੀ ਸੂਚਕ ਸ਼ਬਦ ਵਰਤਦੇ ਹੋਏ ਨਜ਼ਰ ਆ ਰਹੇ ਹਨ, ਜਿਸ ਕਾਰਨ ਐਸ.ਸੀ. ਭਾਈਚਾਰੇ ਵਿੱਚ ਡੂੰਘਾ ਰੋਸ ਪੈਦਾ ਹੋ ਗਿਆ ਹੈ।
ਚੋਣ ਕਮਿਸ਼ਨ ਦੀ ਸਖ਼ਤ ਕਾਰਵਾਈ
ਇਹ ਵਿਵਾਦਤ ਬਿਆਨ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਚੋਣ ਕਮਿਸ਼ਨ ਨੂੰ ਇੱਕ ਵਿਸਥਾਰਪੂਰਵਕ ਸ਼ਿਕਾਇਤ ਭੇਜੀ ਗਈ ਹੈ। ਸ਼ਿਕਾਇਤਕਰਤਾਵਾਂ ਨੇ ਦਲੀਲ ਦਿੱਤੀ ਹੈ ਕਿ ਇਹ ਬਿਆਨ ਨਾ ਸਿਰਫ਼ ਚੋਣ ਜ਼ਾਬਤੇ ਦੀ ਉਲੰਘਣਾ ਹੈ, ਸਗੋਂ ਐਸ.ਸੀ./ਐਸ.ਟੀ ਵਰਗ ਦੀ ਸਿੱਧੀ ਅਪਮਾਨਨਾ ਵੀ ਹੈ।
ਚੋਣ ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਕਮਿਸ਼ਨ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਨਾਲ ਹੀ, ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਹ ਹਾਜ਼ਰ ਨਹੀਂ ਹੁੰਦੇ ਤਾਂ ਉਨ੍ਹਾਂ ਖ਼ਿਲਾਫ਼ ਐਸ.ਸੀ./ਐਸ.ਟੀ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਬੀ.ਐਸ.ਪੀ. ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ
ਇਸ ਮਾਮਲੇ ‘ਤੇ ਬਹੁਜਨ ਸਮਾਜ ਪਾਰਟੀ (ਬੀ.ਐਸ.ਪੀ.) ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਨਕੋਦਰ ਦੇ ਸਾਬਕਾ ਪ੍ਰਧਾਨ ਮਲਕੀਤ ਚੁੰਬਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮਲਕੀਤ ਚੁੰਬਰ ਨੇ ਕਿਹਾ, “ਕਾਂਗਰਸ ਪਾਰਟੀ ਦਾ ਦਲਿਤ ਵਿਰੋਧੀ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ, ਜਦੋਂ ਉਨ੍ਹਾਂ ਦੇ ਸੂਬਾਈ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼੍ਹਬੀ ਸਿੱਖ ਕਾਲੇ ਰੰਗ ਦਾ ਬੂਟਾ ਸਿੰਘ ਪੱਠੇ ਪਾਉਂਦਾ ਹੁੰਦਾ ਸੀ, ਉਸ ਨੂੰ ਦੇਸ਼ ਦਾ ਗ੍ਰਹਿ ਮੰਤਰੀ ਬਣਾਇਆ। ਇਹ ਬਹੁਤ ਹੀ ਸ਼ਰਮਨਾਕ ਬਿਆਨ ਹੈ।” ਉਨ੍ਹਾਂ ਨੇ ਸਮਾਜ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਚੇਤਾਵਨੀ ਦਿੱਤੀ ਕਿ ਸਮਾਂ ਆ ਗਿਆ ਹੈ ਕਿ ਕਦੇ “ਪੈਰ ਦੀ ਜੁੱਤੀ” ਕਹੇ ਜਾਣ ਵਾਲੇ ਅਤੇ ਕਦੇ “ਦੇਸ਼ੀ ਟੱਟੂ” ਜਾਂ “ਘੋੜਿਆਂ ਦੀ ਰੇਸ ਵਿੱਚ ਗਧੇ” ਕਹੇ ਜਾਣ ਵਾਲੇ ਇਸ ਸਮਾਜ ਨੂੰ 2027 ਦੀਆਂ ਚੋਣਾਂ ਵਿੱਚ ‘ਬਹੁਜਨ ਸਮਾਜ ਪਾਰਟੀ ਦੇ ਪੰਜਾਬ ਸੰਭਾਲੋ ਮਹਿੰਮ’ ਹੇਠ ਇਕਜੁੱਟ ਹੋ ਕੇ ਇਨ੍ਹਾਂ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ।

ਵਿਰੋਧੀ ਪਾਰਟੀਆਂ ਦਾ ਹਮਲਾ, ਕਾਂਗਰਸ ਦੀ ਚੁੱਪੀ
ਮਲਕੀਤ ਚੁੰਬਰ ਦੇ ਬਿਆਨ ਤੋਂ ਬਾਅਦ ਕਈ ਬੀ.ਐਸ.ਪੀ. ਅਤੇ ਸਮਾਜਿਕ ਸੰਗਠਨਾਂ ਨੇ ਰਾਜਾ ਵੜਿੰਗ ਤੋਂ ਜਨਤਕ ਮੁਆਫ਼ੀ ਦੀ ਮੰਗ ਕੀਤੀ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਇਸ ਮਾਮਲੇ ‘ਤੇ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਵਾਬ ਨਹੀਂ ਆਇਆ ਹੈ। ਰਾਜਾ ਵੜਿੰਗ ਦੇ ਇਸ ਬਿਆਨ ਨੇ ਨਾ ਸਿਰਫ਼ ਉਨ੍ਹਾਂ ਦੀ ਸਿਆਸੀ ਛਵੀ ਨੂੰ ਨੁਕਸਾਨ ਪਹੁੰਚਾਇਆ ਹੈ, ਸਗੋਂ ਪੰਜਾਬ ਦੀ ਰਾਜਨੀਤੀ ਵਿੱਚ ਦਲਿਤ ਮੁੱਦਿਆਂ ‘ਤੇ ਇੱਕ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ 6 ਨਵੰਬਰ ‘ਤੇ ਟਿਕੀਆਂ ਹਨ ਕਿ ਕਮਿਸ਼ਨ ਦੀ ਕਾਰਵਾਈ ਕੀ ਰੁਖ ਅਖਤਿਆਰ ਕਰਦੀ ਹੈ।
ਰਾਜਾ ਵੜਿੰਗ ਨੇ ਬਾਅਦ ਵਿੱਚ ਮਾਫ਼ੀ ਵੀ ਮੰਗੀ ਹੈ।
ਆਪਣੇ ਭਾਸ਼ਣ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਮਿਲੇ ‘ਕਾਰਨ ਦੱਸੋ ਨੋਟਿਸ’ ’ਤੇ ਪ੍ਰਤੀਕਿਰਿਆ ਦਿੰਦਿਆਂ ਅਮਰਿੰਦਰ ਸਿੰਘ ਵੜਿੰਗ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਬੂਟਾ ਸਿੰਘ ਦਾ ਅਪਮਾਨ ਕਰਨ ਦਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਉਨ੍ਹਾਂ ਦੇ ਬਿਆਨ ਨਾਲ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਕਿਸੇ ਸ਼ਰਤ ਮਾਫ਼ੀ ਮੰਗਦੇ ਹਨ। ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਹਮੇਸ਼ਾ ਯੋਗਤਾ ਅਤੇ ਕੁਸ਼ਲਤਾ ਦੇ ਆਧਾਰ ’ਤੇ ਮੌਕੇ ਦਿੰਦੀ ਹੈ ਅਤੇ ਜਾਤ, ਨਸਲ ਜਾਂ ਧਰਮ ਦੇ ਆਧਾਰ ’ਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕਰਦੀ।
