ਜਲੰਧਰ: ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਦੀ ਸੀ.ਆਈ.ਏ. ਸਟਾਫ਼ ਪੁਲਿਸ ਨੇ ਗਸ਼ਤ ਦੌਰਾਨ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ 154 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਪ੍ਰੈੱਸ ਨੂੰ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਦੇ ਨਿਰਦੇਸ਼ਾਂ ‘ਤੇ ਸਬ-ਇੰਸਪੈਕਟਰ ਨਿਰਮਲ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਕਰਤਾਰਪੁਰ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਟੀਮ ਗੁਰਦੁਆਰਾ ਬਾਬਾ ਬੁੱਢਾ ਸਾਹਿਬ, ਦਿਆਲਪੁਰ ਲਾਗੇ ਇੱਕ ਖਾਲੀ ਪਲਾਟ ਕੋਲ ਪਹੁੰਚੀ, ਤਾਂ ਉਨ੍ਹਾਂ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਖੜ੍ਹੇ ਦੇਖਿਆ।
ਖਿਸਕਣ ਦੀ ਕੋਸ਼ਿਸ਼ ਕੀਤੀ ਪਰ ਹੋਏ ਕਾਬੂ
ਪੁਲਿਸ ਦੀ ਗੱਡੀ ਰੁਕਦੀ ਦੇਖ ਕੇ ਦੋਵੇਂ ਮੌਕੇ ਤੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ, ਜਿਸ ‘ਤੇ ਸ਼ੱਕ ਪੈਣ ‘ਤੇ ਉਨ੍ਹਾਂ ਨੂੰ ਰੋਕ ਲਿਆ ਗਿਆ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਮ ਸਿਵਾ ਸਿੰਘ ਉਰਫ਼ ਸ਼ਿਵਾ ਵਾਸੀ ਮਾਤਾ ਰਾਣੀ ਮਹੱਲਾ, ਬਾਬਾ ਬਕਾਲਾ ਅਤੇ ਔਰਤ ਨੇ ਆਪਣਾ ਨਾਮ ਇੰਦਰਜੀਤ ਕੌਰ ਵਾਸੀ ਪਿੰਡ ਪੱਲਾ, ਥਾਣਾ ਮਹਿਤਾ (ਅੰਮ੍ਰਿਤਸਰ) ਦੱਸਿਆ। ਜਦੋਂ ਤਲਾਸ਼ੀ ਲਈ ਗਈ ਤਾਂ ਦੋਵਾਂ ਦੀਆਂ ਜੇਬਾਂ ਵਿੱਚੋਂ 154 ਗ੍ਰਾਮ ਹੈਰੋਇਨ ਬਰਾਮਦ ਹੋਈ।
ਰਵੀ ਨਾਮ ਦਾ ਸਪਲਾਇਰ ਨਾਮਜ਼ਦ
ਦੋਵਾਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਪੁਲਿਸ ਰਿਮਾਂਡ ‘ਤੇ ਲਿਆ ਗਿਆ। ਪੁੱਛਗਿੱਛ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਇਹ ਹੈਰੋਇਨ ਰਵੀ ਵਾਸੀ ਬਾਬਾ ਬਕਾਲਾ ਤੋਂ ਲਿਆ ਕੇ ਅੱਗੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ। ਐੱਸ.ਐੱਸ.ਪੀ. ਵਿਰਕ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਰਵੀ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ ਅਤੇ ਉਸਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਿਵਾ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਇੱਕ ਮਾਮਲਾ ਦਰਜ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਦੇ ਸਮੁੱਚੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ।
