ਸ਼ਾਹਕੋਟ (ਜਲੰਧਰ): ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਇੱਕ ਵਿਸ਼ਾਲ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਦੌੜ ਵਿੱਚ ਵੱਡੀ ਗਿਣਤੀ ਵਿੱਚ ਲੜਕਿਆਂ ਅਤੇ ਲੜਕੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਡੀ.ਐੱਸ.ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਅਤੇ ਉਨ੍ਹਾਂ ਦੀ ਪੁਲਿਸ ਟੀਮ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀ ਇਸ ਭਿਆਨਕ ਬਿਮਾਰੀ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਅਤੇ ਸਾਰਿਆਂ ਨੂੰ ਮਿਲ ਕੇ ‘ਰੰਗਲਾ ਪੰਜਾਬ’ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੁਲਿਸ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਸਿਰਫ਼ ਖ਼ੁਦ ਹੀ ਨਹੀਂ, ਸਗੋਂ ਆਪਣੇ ਇਲਾਕਿਆਂ ਅਤੇ ਸਕੂਲਾਂ ਵਿੱਚ ਵੀ ਨਸ਼ੇ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ।
ਇਸ ਮੈਰਾਥਨ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ, ਖੇਡ ਪ੍ਰੇਮੀਆਂ ਅਤੇ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਭਾਗ ਲਿਆ। ਸਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਮਾਜ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਜਸਵੀਰ ਸਿੰਘ ਨਕੋਦਰ, ਪ੍ਰਿੰਸੀਪਲ ਜਸਬੀਰ ਸਿੰਘ, ਸ਼ਿੰਗਾਰਾ ਸਿੰਘ ਇੰਚਾਰਜ ਸਾਂਝ ਕੇਂਦਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
