ਲੁਧਿਆਣਾ : ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਮਾਸ ਮੀਡੀਆ ਵਿੰਗ ਦੀ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਮੇਂ-ਸਮੇਂ ‘ਤੇ ਵੱਖ-ਵੱਖ ਵਿਸ਼ਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਸਰਕਾਰੀ ਆਈ.ਟੀ.ਆਈ. ਲੜਕੀਆਂ, ਨੇੜੇ ਘੁੰਮਾਰ ਮੰਡੀ, ਲੁਧਿਆਣਾ ਵਿਖੇ ਸਿੱਖਿਆਰਥਣਾਂ ਨੂੰ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਮਾਦਾ ਭਰੂਣ ਹੱਤਿਆ ਇੱਕ ਸਮਾਜਿਕ ਬੁਰਾਈ ਹੋਣ ਦੇ ਨਾਲ-ਨਾਲ ਇੱਕ ਕਾਨੂੰਨੀ ਜੁਰਮ ਵੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਰਕਾਰ ਅਤੇ ਸਿਹਤ ਵਿਭਾਗ ਪੂਰਨ ਰੂਪ ਵਿੱਚ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪੀ.ਸੀ.-ਪੀ.ਐਨ.ਡੀ.ਟੀ. ਐਕਟ ਪੂਰਨ ਰੂਪ ਵਿੱਚ ਲਾਗੂ ਕੀਤਾ ਗਿਆ ਹੈ ਅਤੇ ਇਸ ਐਕਟ ਦੀ ਪਾਲਣਾ ਵਿੱਚ ਕੀਤੀ ਗਈ ਕਿਸੇ ਵੀ ਕੁਤਾਹੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਆਮ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਹੀ ਇੱਕ ਸਿਹਤਮੰਦ ਅਤੇ ਸੱਭਿਅਕ ਸਮਾਜ ਦੀ ਸਿਰਜਣਾ ਹੋ ਸਕਦੀ ਹੈ।
ਇਸ ਮੌਕੇ ਸਿੱਖਿਆਰਥਣਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਲੜਕੇ ਅਤੇ ਲੜਕੀਆਂ ਵਿੱਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁੜੀਆਂ ਵੀ ਮੁੰਡਿਆਂ ਵਾਂਗ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੀਆਂ ਹੋ ਕੇ ਆਪਣੇ ਮਾਪਿਆਂ ਦਾ ਸਹਾਰਾ ਬਣਦੀਆਂ ਹਨ। ਇਸ ਲਈ ਹਰ ਇੱਕ ਮਾਂ-ਬਾਪ ਨੂੰ ਆਪਣੀ ਕੁੜੀ ਦੇ ਜਨਮ ‘ਤੇ ਵੀ ਓਨੀ ਹੀ ਖੁਸ਼ੀ ਮਨਾਉਣੀ ਚਾਹੀਦੀ ਹੈ, ਜਿੰਨੀ ਕਿ ਮੁੰਡੇ ਦੇ ਜਨਮ ਦਿਨ ‘ਤੇ ਮਨਾਈ ਜਾਂਦੀ ਹੈ। ਉਨ੍ਹਾਂ ਸਿੱਖਿਆਰਥਣਾਂ ਨੂੰ ਇਹ ਵੀ ਦੱਸਿਆ ਕਿ ਕੁੜੀਆਂ ਪੜ੍ਹ ਲਿਖ ਕੇ ਵੱਖ-ਵੱਖ ਉੱਚ ਅਹੁਦਿਆਂ ‘ਤੇ ਪਹੁੰਚ ਚੁੱਕੀਆਂ ਹਨ ਅਤੇ ਉਹ ਸਮਾਜ ਵਿੱਚ ਆਪਣੇ ਮਾਂ-ਬਾਪ ਦੀ ਆਗਿਆਕਾਰੀ ਬਣ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਅਮਨਦੀਪ, ਇੰਸਟਰੈਕਟਰ ਸੰਤੋਸ਼ ਕੁਮਾਰੀ, ਹਰਪ੍ਰੀਤ ਕੌਰ, ਕੁਲਵਿੰਦਰ ਸਿੰਘ, ਸੀਨੀਅਰ ਸਹਾਇਕ ਭੀਮ ਚੰਦ ਅਤੇ ਕਲਰਕ ਜਗਦੀਪ ਕੁਮਾਰ ਹਾਜ਼ਰ ਸਨ।