ਨਕੋਦਰ, 2 ਸਤੰਬਰ 2025 – ਲਗਾਤਾਰ ਪੈ ਰਹੇ ਮੀਂਹ ਅਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਕੋਦਰ ਹਲਕਾ ਵਿਧਾਇਕ ਦੇ ਨਾਲ ਪਿੰਡ ਆਲੋਵਾਲ ਦਾ ਦੌਰਾ ਕੀਤਾ। ਇਸ ਦੌਰਾਨ, ਉਨ੍ਹਾਂ ਨੇ ਪਿੰਡ ਵਿੱਚ ਜਮ੍ਹਾਂ ਹੋਏ ਪਾਣੀ ਦਾ ਜਾਇਜ਼ਾ ਲਿਆ ਅਤੇ ਇਸ ਦੀ ਤੁਰੰਤ ਨਿਕਾਸੀ ਲਈ ਜ਼ਰੂਰੀ ਮਸ਼ੀਨਰੀ ਲਗਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਪਹਿਲਾਂ ਹੀ ਫੀਲਡ ਵਿੱਚ ਤਾਇਨਾਤ ਹਨ ਅਤੇ ਹਾਲਾਤ ‘ਤੇ ਪੂਰੀ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਤੋਂ ਬਚਾਅ ਅਤੇ ਰਾਹਤ ਕਾਰਜਾਂ ਲਈ ਪੁਖਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਹੋਏ ਹਨ।