ਜਲੰਧਰ: ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ 15 ਜੁਲਾਈ ਤੱਕ ਇਨ੍ਹਾਂ ਲਾਇਬ੍ਰੇਰੀਆਂ ਦਾ ਕੰਮ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਲੋਕਾਂ, ਖਾਸ ਕਰਕੇ ਨੌਜਵਾਨਾਂ ਲਈ ਖੋਲ੍ਹਿਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਬੁੱਧੀ ਰਾਜ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 201.24 ਲੱਖ ਰੁਪਏ ਦੀ ਲਾਗਤ ਨਾਲ 6 ਲਾਇਬ੍ਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਹ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿੱਖਿਆ ਅਤੇ ਗਿਆਨ ਨਾਲ ਜੋੜਨ ਵਿੱਚ ਸਹਾਈ ਹੋਣਗੀਆਂ।
ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਲਾਇਬ੍ਰੇਰੀਆਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਕਿਰਿਆ ਅਨੁਸਾਰ ਲਾਇਬ੍ਰੇਰੀ ਕਮੇਟੀਆਂ ਦਾ ਗਠਨ ਕੀਤਾ ਜਾਵੇ। ਇਹ ਕਮੇਟੀਆਂ ਲਾਇਬ੍ਰੇਰੀਆਂ ਦੇ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਸਹੀ ਢੰਗ ਨਾਲ ਪ੍ਰਬੰਧਨ ਨੂੰ ਯਕੀਨੀ ਬਣਾਉਣਗੀਆਂ। ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਪੰਜਾਬ ਨਿਰਮਾਣ ਅਤੇ ਐਮ.ਪੀ.ਲੈੱਡ (MPLADS) ਤਹਿਤ ਜਾਰੀ ਫੰਡਾਂ ਰਾਹੀਂ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (Utilization Certificates) ਇਸ ਸ਼ੁੱਕਰਵਾਰ ਤੱਕ ਜਮ੍ਹਾਂ ਕਰਵਾਉਣ ਦੇ ਸਖ਼ਤ ਨਿਰਦੇਸ਼ ਵੀ ਦਿੱਤੇ, ਤਾਂ ਜੋ ਕੰਮਾਂ ਦੀ ਪਾਰਦਰਸ਼ਤਾ ਅਤੇ ਜਵਾਬਦੇਹੀ ਬਣੀ ਰਹੇ।