ਜਲੰਧਰ, 29 ਅਗਸਤ 2025 – ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਅੱਜ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਸੀਵਰੇਜ ਦੀ ਸਫਾਈ ਕਰ ਰਹੇ ਇੱਕ ਸਫਾਈ ਕਰਮਚਾਰੀ ਨੂੰ ਇੱਕ ਤੇਜ਼ ਰਫ਼ਤਾਰ XUV 700 ਕਾਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਜ਼ਖਮੀ ਕਰਮਚਾਰੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਬਾਰੇ ਸੂਚਨਾ ਮਿਲਦੇ ਹੀ ਡੀਸੀਪੀ ਨਰੇਸ਼ ਡੋਗਰਾ, ਏਡੀਸੀਪੀ ਆਕਰਸ਼ੀ ਜੈਨ ਅਤੇ ਬਾਰਾਦਰੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਕਾਰ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਡੀਸੀਪੀ ਨਰੇਸ਼ ਡੋਗਰਾ ਨੇ ਦੱਸਿਆ ਕਿ ਪੀੜਤ ਦਾ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ।
ਕਰਮਚਾਰੀਆਂ ਦਾ ਰੋਸ ਤੇ ਹੜਤਾਲ ਦੀ ਚੇਤਾਵਨੀ
ਇਸ ਘਟਨਾ ਨੂੰ ਲੈ ਕੇ ਸਫਾਈ ਕਰਮਚਾਰੀਆਂ ਵਿੱਚ ਭਾਰੀ ਗੁੱਸਾ ਹੈ। ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਅਤੇ ਮੇਅਰ ਵਿਨੀਤ ਧੀਰ ‘ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਕਰਮਚਾਰੀਆਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਨੇ ਪੀੜਤ ਦੀ ਸਾਰ ਨਹੀਂ ਲਈ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਜ਼ਖਮੀ ਕਰਮਚਾਰੀ ਨੂੰ ਕੁਝ ਹੋਇਆ ਤਾਂ ਉਹ ਨਗਰ ਨਿਗਮ ਦਫ਼ਤਰ ਦਾ ਕੰਮ ਪੂਰੀ ਤਰ੍ਹਾਂ ਬੰਦ ਕਰ ਦੇਣਗੇ।
ਕਰਮਚਾਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਖਮੀ ਮਜ਼ਦੂਰ ਦੇ ਇਲਾਜ ਦਾ ਸਾਰਾ ਖਰਚਾ ਚੁੱਕਿਆ ਜਾਵੇ। ਉਨ੍ਹਾਂ ਨੇ ਆਪਣੀ ਨਾਜ਼ੁਕ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸਿਰਫ਼ 8 ਤੋਂ 10 ਹਜ਼ਾਰ ਰੁਪਏ ਕਮਾਉਂਦੇ ਹਨ ਅਤੇ ਜ਼ਿਆਦਾਤਰ ਮਜ਼ਦੂਰ ਅਜੇ ਵੀ ਕੱਚੇ ਹਨ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਅਕਸਰ ਅਣਗੌਲਿਆ ਕੀਤਾ ਜਾਂਦਾ ਹੈ।