ਲੁਧਿਆਣਾ: ਸਿਹਤ ਵਿਭਾਗ ਵੱਲੋਂ ਮਲੇਰੀਆ ਵਿਰੁੱਧ ਮਨਾਏ ਜਾ ਰਹੇ ਮਹੀਨੇ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਨੈਸ਼ਨਲ ਵੈਕਟਰ ਬੋਰਨ ਡਿਜੀਜ਼ਿਜ਼ ਕੰਟਰੋਲ ਪ੍ਰੋਗਰਾਮ ਤਹਿਤ ਬਿਮਾਰੀਆਂ ਦੀ ਰੋਕਥਾਮ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਲੇਰੀਆ ਡੇਂਗੂ ਵਾਂਗ ਹੀ ਐਨੋਫਲੀਜ਼ ਫੀਮੇਲ ਮੱਛਰ ਦੇ ਕੱਟਣ ਕਾਰਨ ਫੈਲਦਾ ਹੈ, ਜੋ ਕਿ ਗੰਦੇ ਪਾਣੀ ‘ਤੇ ਪੈਦਾ ਹੁੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖ ਕੇ ਇਸ ਮੱਛਰ ਦੀ ਪੈਦਾਇਸ਼ ਨੂੰ ਰੋਕਣ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਡਾ. ਰਮਨਦੀਪ ਕੌਰ ਨੇ ਇਹ ਵੀ ਦੱਸਿਆ ਕਿ ਮਲੇਰੀਆ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ।
ਜ਼ਿਲ੍ਹਾ ਐਪੀਡੈਮੀਓਲੋਜਿਸਟ ਡਾ. ਸ਼ੀਤਲ ਨਾਰੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਉਨ੍ਹਾਂ ਨੇ ਮਲੇਰੀਆ ਦੇ ਲੱਛਣਾਂ ਬਾਰੇ ਦੱਸਿਆ, ਜਿਨ੍ਹਾਂ ਵਿੱਚ ਠੰਢ ਲੱਗ ਕੇ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅਤੇ ਦਿਲ ਕੱਚਾ ਹੋਣਾ ਜਾਂ ਉਲਟੀਆਂ ਆਉਣੀਆਂ ਸ਼ਾਮਲ ਹਨ। ਉਨ੍ਹਾਂ ਸਲਾਹ ਦਿੱਤੀ ਕਿ ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜੇਕਰ ਮਲੇਰੀਆ ਦੀ ਸ਼ਿਕਾਇਤ ਹੋਵੇ ਤਾਂ ਡਾਕਟਰ ਦੀ ਸਲਾਹ ਨਾਲ ਦਵਾਈ ਲੈਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ, ਮਲਟੀਪਰਪਜ਼ ਹੈਲਥ ਵਰਕਰ ਸੁਖਪ੍ਰੀਤ ਸਿੰਘ ਅਤੇ ਸੌਰਵ ਵਾਲੀਆ ਨੇ ਅੱਜ ਸ਼ਹਿਰੀ ਮੁਢਲਾ ਸਿਹਤ ਕੇਂਦਰ ਅਬਦੁੱਲਾਪੁਰ ਬਸਤੀ ਵਿਖੇ ਆਮ ਲੋਕਾਂ ਨੂੰ ਮਲੇਰੀਆ ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।