ਲੁਧਿਆਣਾ, 30 ਜੂਨ 2025 – ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਮਾਸ ਮੀਡੀਆ ਵਿੰਗ ਦੀ ਟੀਮ ਜ਼ਿਲ੍ਹੇ ਭਰ ਵਿੱਚ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕਰ ਰਹੀ ਹੈ। ਇਸੇ ਲੜੀ ਤਹਿਤ, ਅੱਜ ਸਰਬੱਤ ਦਾ ਭਲਾ ਚੈਰੀਟੇਬਲ ਸਿਲਾਈ ਕੇਂਦਰ, ਸਲੇਮ ਟਾਬਰੀ, ਲੁਧਿਆਣਾ ਵਿਖੇ ਸਿੱਖਿਆਰਥਣਾਂ ਨੂੰ ਮਾਦਾ ਭਰੂਣ ਹੱਤਿਆ ਖਿਲਾਫ਼ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਾਦਾ ਭਰੂਣ ਹੱਤਿਆ ਖਿਲਾਫ਼ ਜਿੱਥੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਪੀ.ਸੀ.-ਪੀ.ਐਨ.ਡੀ.ਟੀ. ਐਕਟ ਅਧੀਨ ਸਕੈਨ ਸੈਂਟਰਾਂ ਦੀ ਨਿਰੰਤਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਕਟ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸਿੱਖਿਆਰਥਣਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਲੜਕੇ ਅਤੇ ਲੜਕੀਆਂ ਵਿੱਚ ਕੋਈ ਫ਼ਰਕ ਨਹੀਂ ਰਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਕੁੜੀਆਂ ਵੀ ਮੁੰਡਿਆਂ ਵਾਂਗ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੀਆਂ ਹੋ ਕੇ ਆਪਣੇ ਮਾਪਿਆਂ ਦਾ ਸਹਾਰਾ ਬਣਦੀਆਂ ਹਨ। ਇਸ ਲਈ, ਉਨ੍ਹਾਂ ਹਰ ਮਾਂ-ਬਾਪ ਨੂੰ ਅਪੀਲ ਕੀਤੀ ਕਿ ਉਹ ਆਪਣੀ ਧੀ ਦੇ ਜਨਮ ‘ਤੇ ਵੀ ਓਨੀ ਹੀ ਖੁਸ਼ੀ ਮਨਾਉਣ, ਜਿੰਨੀ ਕਿ ਪੁੱਤਰ ਦੇ ਜਨਮ ‘ਤੇ ਮਨਾਈ ਜਾਂਦੀ ਹੈ। ਉਨ੍ਹਾਂ ਨੇ ਸਿੱਖਿਆਰਥਣਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉੱਚ ਅਹੁਦਿਆਂ ‘ਤੇ ਪਹੁੰਚ ਚੁੱਕੀਆਂ ਔਰਤਾਂ ਦੀਆਂ ਉਦਾਹਰਣਾਂ ਦੇ ਕੇ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਡਾ. ਇੰਦਰਜੀਤ ਸਿੰਘ ਢੀਂਗਰਾ ਤੋਂ ਇਲਾਵਾ ਸਿਲਾਈ ਸੈਂਟਰ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਸਿੱਖਿਆਰਥੀ ਹਾਜ਼ਰ ਸਨ।