ਨਕੋਦਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਤਰੱਕੀਆਂ ਦੀਆਂ ਲੀਹਾਂ ‘ਤੇ ਪਾਉਣ ਲਈ ਕੀਤੇ ਜਾ ਰਹੇ ਬੇਮਿਸਾਲ ਕਾਰਜਾਂ ਅਤੇ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ‘ਤੇ ਭਰੋਸਾ ਪ੍ਰਗਟਾਉਂਦਿਆਂ, ਅੱਜ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਉੱਗੀ ਵਿਖੇ ਇੱਕ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ। ਵਿਧਾਇਕ ਇੰਦਰਜੀਤ ਕੌਰ ਮਾਨ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਨ੍ਹਾਂ ਵਿੱਚ ਸਰਪੰਚ ਪਾਲਾ, ਪੰਚਾਇਤ ਮੈਂਬਰ ਸੋਢੀ, ਯਸ਼ਪਾਲ ਮਦਾਨ, ਸਤਵਿੰਦਰ ਕੌਰ, ਜਸਵੀਰ ਕੌਰ ਸ਼ਿਖਾ, ਬੀਬੀ ਚਰਨਜੀਤ ਕੌਰ, ਗੁਰਜੀਤ ਸਿੰਘ, ਪ੍ਰਦੀਪ ਕੌਰ ਸੀਤਾ, ਰਵਿੰਦਰ ਕੌਰ, ਨੀਮਾ, ਦਰਸ਼ਨਾ, ਸਰਵਣ ਸਿੰਘ, ਗੁਰਨੂਰ, ਜਸਵਿੰਦਰ ਕੌਰ, ਨੀਲਮ, ਬਲਜੀਤ ਕੌਰ, ਜਸਵੀਰ ਸਿੰਘ, ਰੋਸ਼ੀ, ਰਣਜੀਤ ਸੁਮਨ ਅਤੇ ਹੋਰ ਕਈ ਪਤਵੰਤੇ ਸ਼ਾਮਲ ਸਨ। ਮਾਨ ਨੇ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ। ਇਨ੍ਹਾਂ ਵਿੱਚ ਹਰ ਵਰਗ ਨੂੰ ਬਿਨਾਂ ਕਿਸੇ ਭੇਦਭਾਵ ਦੇ 600 ਯੂਨਿਟ ਮੁਫ਼ਤ ਬਿਜਲੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ, ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਹੋਰ ਅਨੇਕਾਂ ਲੋਕ ਪੱਖੀ ਸਕੀਮਾਂ ਸ਼ਾਮਲ ਹਨ। ਇਸ ਮੌਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸਰਪੰਚਾਂ, ਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦਾ ਜੋ ਵਿਕਾਸ ‘ਆਮ ਆਦਮੀ ਪਾਰਟੀ’ ਦੀ ਸਰਕਾਰ ਸਮੇਂ ਹੋਇਆ ਹੈ, ਅਜਿਹਾ ਵਿਕਾਸ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖਿਆ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਆਰਥਿਕ ਅਤੇ ਸਮਾਜਿਕ ਪੱਖੋਂ ਖੁਸ਼ਹਾਲ ਬਣਿਆ ਹੈ। ਨਵੇਂ ਸ਼ਾਮਲ ਹੋਏ ਆਗੂਆਂ ਨੇ ਪ੍ਰਣ ਲਿਆ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।