ਜਲੰਧਰ: ਜਲੰਧਰ ਦੀ ਨਾਰੀ ਸ਼ਕਤੀ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਪਿੰਡ ਨੂੱਸੀ ਦੀ ਗ੍ਰਾਮ ਪੰਚਾਇਤ ਆਪਣੇ ਪੱਧਰ ‘ਤੇ ਖਰਚਾ ਕਰਕੇ ਪਿੰਡ ਦੀ ਸਫਾਈ ਅਤੇ ਹੋਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗ੍ਰਾਮ ਪੰਚਾਇਤ ਅਤੇ ਸਰਪੰਚ ਸਾਹਿਬ ਦਾ ਸਾਥ ਦੇਣ।
ਅੰਮ੍ਰਿਤਪਾਲ ਕੌਰ ਨੇ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਾਸੀ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਸਰਪੰਚ ਸਾਹਿਬ ਨਾਲ ਗੱਲ ਕੀਤੀ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਸਰਪੰਚ ਸਾਹਿਬ ਨਾਲ ਇੱਕ ਮੀਟਿੰਗ ਕੀਤੀ ਜਾਵੇ ਅਤੇ ਉਨ੍ਹਾਂ ਰਾਹੀਂ ਮੌਜੂਦਾ ਹਲਕਾ ਵਿਧਾਇਕ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇ। ਇਸ ਨਾਲ ਹਲਕਾ ਵਿਧਾਇਕ ਜਲਦੀ ਹੀ ਡੀ.ਸੀ. ਸਾਹਿਬ ਨੂੰ ਕਹਿਣਗੇ ਤਾਂ ਜੋ ਆਈਆਂ ਹੋਈਆਂ ਗ੍ਰਾਂਟਾਂ ਨੂੰ ਜਲਦੀ ਹੀ ਪਿੰਡ ਦੇ ਵਿਕਾਸ ਕਾਰਜਾਂ ‘ਤੇ ਲਗਾਇਆ ਜਾ ਸਕੇ। ਪ੍ਰਧਾਨ ਨੇ ਦੱਸਿਆ ਕਿ ਕਈ ਪਿੰਡਾਂ ਵਿੱਚ ਪਾਰਟੀ ਦੇ ਵਿਰੋਧੀ ਸਰਪੰਚ ਹੋਣ ਕਾਰਨ ਪਿੰਡਾਂ ਦਾ ਵਿਕਾਸ ਰੁਕਿਆ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਇਕੱਲੀ ਕਹਾਣੀ ਸਿਰਫ਼ ਇੱਕ ਪਿੰਡ ਦੀ ਨਹੀਂ, ਬਲਕਿ ਪੂਰੇ ਪੰਜਾਬ ਦੀ ਹੈ, ਕਿਉਂਕਿ ਪਾਰਟੀਬਾਜ਼ੀ ਹੋਣ ਕਾਰਨ ਪਿੰਡਾਂ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ।
ਇਸ ਮੌਕੇ ‘ਤੇ ਅੰਮ੍ਰਿਤਪਾਲ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਅਤੇ ਪਿੰਡ ਦੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ, ਨਾਰੀ ਸ਼ਕਤੀ ਐਜੂਕੇਸ਼ਨ ਵੈਲਫੇਅਰ ਸੋਸਾਇਟੀ, ਵਿਕਾਸ, ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਬੇਨਤੀ ਕੀਤੀ ਕਿ ਉਹ ਨਾਰੀ ਸ਼ਕਤੀ ਸੰਸਥਾ ਦਾ ਸਾਥ ਦੇਣ, ਤਾਂ ਜੋ ਉਹ ਹਰ ਇੱਕ ਮਹਿਕਮੇ ਨੂੰ ਮਿਲ ਕੇ ਲਿਖਤੀ ਅਪੀਲ ਦੇ ਸਕਣ ਅਤੇ ਪੰਜਾਬ ਨੂੰ ਖੁਸ਼ਹਾਲ ਤੇ ਸਿਹਤਮੰਦ ਬਣਾਉਣ ਵਿੱਚ ਯੋਗਦਾਨ ਪਾ ਸਕਣ। ਉਨ੍ਹਾਂ ਖਾਸ ਤੌਰ ‘ਤੇ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਪਿੰਡ ਨੂੱਸੀ ਵਿੱਚ ਅਜੇ ਤੱਕ ਸਰਕਾਰ ਵੱਲੋਂ ਕੋਈ ਗ੍ਰਾਂਟ ਨਹੀਂ ਮਿਲੀ। ਇਸ ਦੇ ਬਾਵਜੂਦ, ਸਰਪੰਚ ਸਾਹਿਬ ਨੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬਹੁਤ ਸਾਰੇ ਕੰਮ ਕਰਵਾਏ ਹਨ। ਇਨ੍ਹਾਂ ਵਿੱਚ ਐਸ.ਸੀ. ਸ਼ਮਸ਼ਾਨ ਘਾਟ ਵਿੱਚ ਪਾਣੀ ਦਾ ਪ੍ਰਬੰਧ ਅਤੇ ਪੇਂਟ ਕਰਵਾਉਣਾ, ਸੀ.ਸੀ.ਟੀ.ਵੀ. ਕੈਮਰੇ ਲਗਵਾਉਣਾ, ਸੇਫਟੀ ਰੋਡ ਮਾਈਨਰ ਲਗਵਾਉਣਾ, ਡੈੱਡ ਬੋਡੀ ਫਰਿੱਜ ਲਗਵਾਉਣਾ, ਵਾਟਰ ਕੂਲਰ, ਸਟ੍ਰੀਟ ਲਾਈਟਾਂ ਲਗਵਾਉਣਾ, ਬੱਚਿਆਂ ਲਈ ਖੇਡ ਕਿੱਟਾਂ ਅਤੇ ਢੇਰਾਂ ਆਦਿ ਦੀ ਸਫਾਈ ਸ਼ਾਮਲ ਹਨ। ਅੰਮ੍ਰਿਤਪਾਲ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਜਾਣ ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ।