ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ ਅਤੇ ਲੋਕ-ਪੱਖੀ ਬਣਾਉਣ ਲਈ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ, ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
ਅਸਮਰੱਥ ਵਰਕਰਾਂ ਦੇ ਪਰਿਵਾਰਾਂ ਲਈ ਸਰਕਾਰੀ ਨੌਕਰੀ ਦਾ ਮੌਕਾ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਐਲਾਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਆਂਗਨਵਾੜੀ ਸੇਵਾਵਾਂ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋ ਗਏ ਜਾਂ ਜਾਨਲੇਵਾ ਬਿਮਾਰੀ ਕਾਰਨ ਕੰਮ ਕਰਨ ਤੋਂ ਅਸਮਰੱਥ ਹੋ ਚੁੱਕੇ ਆਂਗਨਵਾੜੀ ਵਰਕਰਾਂ ਜਾਂ ਹੈਲਪਰਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਹ ਪਹਿਲਕਦਮੀ ਨਾ ਸਿਰਫ਼ ਖਾਲੀ ਅਸਾਮੀਆਂ ਭਰਨ ਵਿੱਚ ਮਦਦ ਕਰੇਗੀ, ਸਗੋਂ ਇਹ ਉਨ੍ਹਾਂ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਵੱਡੀ ਰਾਹਤ ਪ੍ਰਦਾਨ ਕਰੇਗੀ, ਜਿਨ੍ਹਾਂ ਨੇ ਆਪਣੀਆਂ ਸੇਵਾਵਾਂ ਦੌਰਾਨ ਸਿਹਤ ਸਬੰਧੀ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਪੰਜਾਬ ਸਰਕਾਰ ਦਾ ਇਹ ਕਦਮ ਆਂਗਨਵਾੜੀ ਸਿਸਟਮ ਨੂੰ ਸਮਰੱਥ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।