ਪੰਜਾਬ ਵਿੱਚ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹੜ੍ਹਾਂ ਦਾ ਕਹਿਰ ਜਾਰੀ ਹੈ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨ ਦਿੱਤਾ ਹੈ। ਹੁਣ ਤੱਕ ਹੜ੍ਹਾਂ ਅਤੇ ਮੀਂਹ ਨਾਲ ਸਬੰਧਤ ਹਾਦਸਿਆਂ ਵਿੱਚ 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਅੱਠ ਜ਼ਿਲ੍ਹਿਆਂ ਦੇ 1,300 ਤੋਂ ਵੱਧ ਪਿੰਡ ਪਾਣੀ ਦੀ ਲਪੇਟ ਵਿੱਚ ਹਨ।
ਮੌਸਮ ਵਿਭਾਗ ਦਾ ਰੈੱਡ ਅਲਰਟ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਮੁਕੇਰੀਆਂ, ਜਲੰਧਰ, ਸੁਲਤਾਨਪੁਰ ਲੋਧੀ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਸਮੇਤ ਕਈ ਇਲਾਕਿਆਂ ਲਈ ਭਾਰੀ ਮੀਂਹ ਦਾ ‘ਰੈੱਡ ਅਲਰਟ’ ਜਾਰੀ ਕੀਤਾ ਹੈ, ਜਿਸ ਕਾਰਨ ਆਉਣ ਵਾਲੇ ਘੰਟੇ ਹੋਰ ਵੀ ਚੁਣੌਤੀਪੂਰਨ ਹੋ ਸਕਦੇ ਹਨ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਇਸ ਸਾਲ ਅਗਸਤ ਮਹੀਨੇ ਵਿੱਚ 253.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 74 ਪ੍ਰਤੀਸ਼ਤ ਜ਼ਿਆਦਾ ਹੈ ਅਤੇ ਪਿਛਲੇ 25 ਸਾਲਾਂ ਵਿੱਚ ਅਗਸਤ ਮਹੀਨੇ ਦੀ ਸਭ ਤੋਂ ਵੱਧ ਬਾਰਿਸ਼ ਹੈ।
ਹਜ਼ਾਰਾਂ ਲੋਕ ਪ੍ਰਭਾਵਿਤ, ਫਸਲਾਂ ਦਾ ਵੱਡਾ ਨੁਕਸਾਨ
ਹੜ੍ਹਾਂ ਕਾਰਨ ਲਗਭਗ ਦੋ ਲੱਖ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਲੋਕ ਆਪਣੇ ਘਰਾਂ ਦੀਆਂ ਛੱਤਾਂ ‘ਤੇ ਪਨਾਹ ਲੈਣ ਲਈ ਮਜਬੂਰ ਹਨ ਜਾਂ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਪੰਜਾਬ ਵਿੱਚ ਇਸ ਤਬਾਹੀ ਦਾ ਕਾਰਨ ਸਿਰਫ਼ ਸੂਬੇ ਵਿੱਚ ਹੋਈ ਬਾਰਿਸ਼ ਹੀ ਨਹੀਂ, ਬਲਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਕਾਰਨ ਡੈਮਾਂ ਤੋਂ ਛੱਡਿਆ ਗਿਆ ਪਾਣੀ ਵੀ ਹੈ। ਇਸੇ ਦੌਰਾਨ, ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਤੋਂ ਹੜ੍ਹ ਪ੍ਰਭਾਵਿਤ ਰਾਜਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਕੁਝ ਜ਼ਿਲ੍ਹਿਆਂ ਵਿੱਚ ਮੌਸਮ ਸਾਫ ਹੋਣ ਨਾਲ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ, ਪਰ ਹਾਲਾਤ ਅਜੇ ਵੀ ਗੰਭੀਰ ਬਣੇ ਹੋਏ ਹਨ।