ਜਲੰਧਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੀ ਪ੍ਰਮੁੱਖ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ ਜ਼ਿਲ੍ਹਾ ਜਲੰਧਰ ਲਈ 43.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ, ਜੋ ਕਿ ਇਸ ਯੋਜਨਾ ਦੇ ਨੋਡਲ ਮੰਤਰੀ ਵੀ ਹਨ, ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਵਿੱਚ ਵਿਕਾਸ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਹੈ। ਇਸ ਯੋਜਨਾ ਤਹਿਤ, ਹਰੇਕ ਵਿਧਾਨ ਸਭਾ ਹਲਕੇ ਨੂੰ 5 ਕਰੋੜ ਰੁਪਏ ਪ੍ਰਾਪਤ ਹੋਣਗੇ ਤਾਂ ਜੋ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।
ਪਹਿਲੀ ਕਿਸ਼ਤ ਜਾਰੀ, ਸਮੇਂ ਸਿਰ ਕੰਮ ਪੂਰਾ ਕਰਨ ਦੇ ਨਿਰਦੇਸ਼
ਖੇਤੀਬਾੜੀ ਮੰਤਰੀ ਨੇ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਪ੍ਰਵਾਨ ਕੀਤੇ ਗਏ 755 ਪ੍ਰਾਜੈਕਟਾਂ ਨੂੰ ਸਮੇਂ ਸਿਰ ਅਤੇ ਉੱਚ-ਗੁਣਵੱਤਾ ਮਿਆਰਾਂ ਅਨੁਸਾਰ ਅਮਲੀ ਰੂਪ ਦੇਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ 22.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਫੰਡ ਵੀ ਜਲਦੀ ਹੀ ਵੰਡੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਕਰਤਾਰਪੁਰ, ਸ੍ਰੀ ਬਲਕਾਰ ਸਿੰਘ; ਹਲਕਾ ਵਿਧਾਇਕ ਨਕੋਦਰ, ਸ੍ਰੀਮਤੀ ਇੰਦਰਜੀਤ ਕੌਰ ਮਾਨ; ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ, ਸ੍ਰੀ ਦੀਪਕ ਬਾਲੀ; ਡਿਪਟੀ ਕਮਿਸ਼ਨਰ, ਡਾ. ਹਿਮਾਂਸ਼ੂ ਅਗਰਵਾਲ; ਪੁਲਿਸ ਕਮਿਸ਼ਨਰ, ਸ੍ਰੀਮਤੀ ਧਨਪ੍ਰੀਤ ਕੌਰ; ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ, ਸ੍ਰੀ ਪਵਨ ਕੁਮਾਰ ਟੀਨੂੰ ਅਤੇ ਨਗਰ ਨਿਗਮ ਕਮਿਸ਼ਨਰ, ਸ੍ਰੀ ਗੌਤਮ ਜੈਨ ਵੀ ਮੌਜੂਦ ਸਨ। ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਨਿਤਿਨ ਕੋਹਲੀ, ਸ੍ਰੀ ਦਿਨੇਸ਼ ਢੱਲ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ।