ਚੰਡੀਗੜ੍ਹ: ਪੰਜਾਬ ਵਿੱਚ ਸੋਸ਼ਲ ਮੀਡੀਆ ‘ਤੇ ਫੈਲ ਰਹੀ ਅਸ਼ਲੀਲਤਾ, ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਅਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੇ ਕੰਟੈਂਟ ਖ਼ਿਲਾਫ਼ ਹੁਣ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਵਿੱਚ ਵੱਡਾ ਕਦਮ ਚੁੱਕਦੇ ਹੋਏ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.), ਸਾਈਬਰ ਕ੍ਰਾਈਮ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਹੁਕਮ 22 ਜੂਨ, 2025 ਨੂੰ ਜਾਰੀ ਕੀਤੇ ਗਏ ਹਨ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਅਜਿਹੀ ਸਮੱਗਰੀ ਦਾ ਬੱਚਿਆਂ ਦੇ ਮਨਾਂ ‘ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਨੇ ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਨੂੰ ਨਿਰਦੇਸ਼ ਦਿੱਤੇ ਹਨ ਕਿ ਅਸ਼ਲੀਲ ਅਤੇ ਅਸ਼ੋਭਨੀਕ ਸਮੱਗਰੀ ਅਪਲੋਡ ਕਰਨ ਵਾਲਿਆਂ ਦੇ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਖਾਸ ਤੌਰ ‘ਤੇ ਅਜਿਹੀਆਂ ਵੀਡੀਓਜ਼ ਜੋ ਨਸ਼ਿਆਂ ਨੂੰ ਉਤਸ਼ਾਹਿਤ ਕਰਦੀਆਂ ਹਨ ਜਾਂ ਹਥਿਆਰਾਂ ਦੇ ਸੱਭਿਆਚਾਰ ਦਾ ਪ੍ਰਚਾਰ ਕਰਦੀਆਂ ਹਨ, ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਬੈਨ ਕੀਤਾ ਜਾਵੇ।
ਕਮਿਸ਼ਨ ਨੇ ਆਪਣੀ ਚਿੱਠੀ ਵਿੱਚ ਜ਼ੋਰ ਦਿੱਤਾ ਕਿ ਅਜਿਹੇ ਵੀਡੀਓ ਬਣਾਉਣ ਅਤੇ ਅਪਲੋਡ ਕਰਨ ਵਾਲਿਆਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) 2023, ਆਈ.ਟੀ. ਐਕਟ 2000, ਅਤੇ ਪੋਕਸੋ (POCSO) ਐਕਟ 2012 ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ। ਇਸ ਤੋਂ ਇਲਾਵਾ, ਕਮਿਸ਼ਨ ਨੇ ਸਾਈਬਰ ਕ੍ਰਾਈਮ ਹੈੱਡਕੁਆਰਟਰ ਵਿਖੇ ਇੱਕ ਨੋਡਲ ਅਫ਼ਸਰ ਦੀ ਨਿਯੁਕਤੀ ਕਰਨ ਲਈ ਵੀ ਕਿਹਾ ਹੈ, ਜੋ ਅਜਿਹੇ ਕੰਟੈਂਟ ‘ਤੇ ਲਗਾਤਾਰ ਨਜ਼ਰ ਰੱਖੇਗਾ। ਜੇਕਰ ਅਜਿਹੀ ਸਮੱਗਰੀ ਵਿਦੇਸ਼ ਤੋਂ ਅਪਲੋਡ ਕੀਤੀ ਜਾਂਦੀ ਹੈ, ਤਾਂ ਸਾਈਟ ਨੂੰ ਬੈਨ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨ ਨੇ ਏ.ਡੀ.ਜੀ.ਪੀ. ਨੂੰ 15 ਦਿਨਾਂ ਦੇ ਅੰਦਰ ਇਸ ਮਾਮਲੇ ‘ਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਵੀ ਕਿਹਾ ਹੈ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵੀ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬੱਚਿਆਂ ਦੇ ਮਨੋਵਿਗਿਆਨਕ ਅਤੇ ਸਮਾਜਿਕ ਭਲੇ ਲਈ ਵਚਨਬੱਧ ਹੈ ਅਤੇ ਸੋਸ਼ਲ ਮੀਡੀਆ ‘ਤੇ ਫੈਲ ਰਹੀ ਇਸ ਨੁਕਸਾਨਦੇਹ ਸਮੱਗਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ‘ਤੇ ਵੀ ਅਧਿਕਾਰੀਆਂ ਨੂੰ ਅਜਿਹੀ ਸਮੱਗਰੀ ‘ਤੇ ਨਜ਼ਰ ਰੱਖਣ ਅਤੇ ਸ਼ਿਕਾਇਤਾਂ ਮਿਲਣ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਇਸ ਮੁੱਦੇ ਪ੍ਰਤੀ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮਾਂ ਵੀ ਚਲਾਏਗੀ। ਇਸ ਫੈਸਲੇ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀ ਅਣਉਚਿਤ ਸਮੱਗਰੀ ‘ਤੇ ਕਾਬੂ ਪਾਇਆ ਜਾਵੇਗਾ ਅਤੇ ਬੱਚਿਆਂ ਨੂੰ ਇਸਦੇ ਬੁਰੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇਗਾ।
ਬੇਦਾਅਵਾ: ਇਹ ਖ਼ਬਰ ਅਧਾਕਾਰਿਤ ਪ੍ਰੈੱਸ ਨੋਟ ਦੇ ਅਧਾਰ ਤੇ ਨਹੀ ਲਿਖੀ ਗਈ। ਇਸ ਦਾ ਸਰੋਤ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਇੱਕ ਪੋਸਟਰ ਹੈ, ਜਿਸਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਫੇਸਬੁੱਕ ਪੇਜ਼ ਤੇ ਪੋਸਟ ਕੀਤਾ ਹੈ।